ਕਾਂਗਰਸ ਵੱਲੋਂ ਚਮਕੌਰ ਸਾਹਿਬ ਤੋਂ ‘ਜਵਾਨੀ ਸੰਭਾਲ’ ਸਾਈਕਲ ਯਾਤਰਾ ਸ਼ੁਰੂ

ਚਮਕੌਰ ਸਾਹਿਬ -ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਹਲਕਾ ਚਮਕੌਰ ਸਾਹਿਬ ਤੋਂ ਕਾਂਗਰਸ ਵਿਧਾਇਕ ਚਰਨਜੀਤ ਸਿੰਘ ਚੰਨੀ ਵੱਲੋਂ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਅੱਜ ਇੱਥੋਂ ਅਨਾਜ ਮੰਡੀ ਵਿੱਚੋਂ ‘ਜਵਾਨੀ ਸੰਭਾਲ’ ਸਾਈਕਲ ਯਾਤਰਾ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ।
ਇਕੱਠ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਇਹ ਇਕੱਠ ਮੌਜੂਦਾ ਬਾਦਲ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ, ਸੂਬੇ ਵਿੱਚ ਫੈਲੇ ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਤੋਂ ਮਾਯੂਸ ਲੋਕਾਂ ਦਾ ਹੈ, ਜੋ 2017 ਦੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ। ਵਿਸ਼ੇਸ਼ ਤੌਰ ‘ਤੇ ਪੁੱਜੇ ਕਾਂਗਰਸ ਦੇ ਪੰਜਾਬ ਸਕੱਤਰ ਇੰਚਾਰਜ ਹਰੀਸ਼ ਚੌਧਰੀ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ-ਭਾਜਪਾ ਗੱਠਜੋੜ ਦੀਆਂ ਗਲਤ ਨੀਤੀਆਂ ਅਤੇ ਸੂਬੇ ਦੇ ਇੱਕ ਅਕਾਲੀ ਮੰਤਰੀ ਵੱਲੋਂ ਵਰਤਾਏ ਜਾ ਰਹੇ ਨਸ਼ਿਆਂ ਕਾਰਨ ਅੱਜ ਪੰਜਾਬ ਦੇਸ਼ ਵਿੱਚ ਪਹਿਲੇ ਸਥਾਨ ਤੋਂ 16ਵੇਂ ਸਥਾਨ ‘ਤੇ ਪੁੱਜ ਗਿਆ ਹੈ, ਜਿਸ ’ਤੇ ਅਕਾਲੀ ਦਲ ਅਤੇ ਭਾਜਪਾ ਵੱਲੋਂ ਮਾਣ ਕੀਤਾ ਜਾ ਰਿਹਾ ਹੈ।
ਉਨ੍ਹਾਂ ਵਾਅਦਾ ਕੀਤਾ ਕਿ ਕਾਂਗਰਸ ਸਰਕਾਰ ਬਣਨ ‘ਤੇ ਪਹਿਲੇ ਸਾਲ ਦੇ ਅੰਦਰ ਨੌਜਵਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਇਸ ਮੌਕੇ ਸ੍ਰੀ ਚੰਨੀ ਨੇ ਐਲਾਨ ਕੀਤਾ ਕਿ ਕਾਂਗਰਸ ਸਰਕਾਰ ਬਣਦਿਆਂ ਹੀ ਇਸ ਸਾਈਕਲ ਯਾਤਰਾ ਵਿੱਚ ਸ਼ਾਮਲ ਸਾਰੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਾਈਕਲ ਯਾਤਰਾ ਵਿੱਚ ਇੱਕ ਹਜ਼ਾਰ ਨੌਜਵਾਨ ਸ਼ਾਮਲ ਹਨ, ਜੋ ਰੋਜ਼ਾਨਾ 50 ਕਿਲੋਮੀਟਰ ਦਾ ਸਫਰ ਤੈਅ ਕਰਕੇ ਤਲਵੰਡੀ ਸਾਬੋ ਪੁੱਜੇਗੀ।

ਕੈਪਟਨ ਦੀ ਕੇਜਰੀਵਾਲ ਨਾਲ ਤੁਲਣਾ ਨਹੀਂ ਕੀਤੀ ਜਾ ਸਕਦੀ: ਹਰੀਸ਼ ਚੌਧਰੀ

ਪੰਜਾਬ ਕਾਂਗਰਸ ਦੇ ਸਕੱਤਰ ਇੰਚਾਰਜ ਹਰੀਸ਼ ਚੌਧਰੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਗੁਮਰਾਹ ਕਰਕੇ ਸੱਤਾ ਹਾਸਲ ਕੀਤੀ ਹੈ, ਜਿਸ ਦਾ ਖਮਿਆਜ਼ਾ ਹੁਣ ਦਿੱਲੀ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ। ਆਮ ਆਦਮੀ ਪਾਰਟੀ ਨੇ ਚੋਣ ਮੈਨੀਫੈਸਟੋ ਵਿਚਲਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਤੁਲਣਾ ਕੇਜਰੀਵਾਲ ਨਾਲ ਨਹੀਂ ਕੀਤੀ ਜਾ ਸਕਦੀ, ਕਿਉਂਕਿ ਕੈਪਟਨ ਨੇ 2002 ਦੀਆਂ ਚੋਣਾਂ ਦੌਰਾਨ ਰਾਜ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਕੇ ਲੋਕਾਂ ਦਾ ਮਨ ਜਿੱਤਿਆ ਹੈ, ਜਿਸ ਕਾਰਨ ਹੁਣ ਪੰਜਾਬ ਦੇ ਲੋਕ ਕੈਪਟਨ ਦੀ ਸਰਕਾਰ ਨੂੰ ਵੇਖਣਾ ਚਾਹੁੰਦੇ ਹਨ।

Share :

Share

rbanner1

Share